ਫਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਵਿੱਦਿਅਕਤ ਸੈਸ਼ਨ 2024-25 ਲਈ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਆਈ ਸਿੱਖਿਆ ਕ੍ਰਾਂਤੀ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਇਹ ਵੈਨ ਤਿਆਰ ਕੀਤੀ ਗਈ ਹੈ ਜੋ ਕਿ 30 ਅਪ੍ਰੈਲ ਤੱਕ ਜ਼ਿਲ੍ਹੇ ਦੇ 08 ਸਿੱਖਿਆ ਬਲਾਕਾਂ ਵਿੱਚ ਲਗਾਤਾਰ ਪ੍ਰਚਾਰ ਕਰੇਗੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਅਤੇ ਸਰਕਾਰੀ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਇਸ ਸਮੇਂ 61 ਹਜ਼ਾਰ 226 ਵਿਦਿਆਰਥੀ ਪੜ੍ਹ ਰਹੇ ਹਨ। ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ 05 ਤੋਂ 10 ਫੀਸਦੀ ਤੱਕ ਗਿਣਤੀ ਵਧਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਟੀਚੇ ਨੂੰ ਸਿੱਖਿਆ ਵਿਭਾਗ ਅਤੇ ਲੋਕਾਂ ਦੇ ਸਹਿਯੋਗ ਨਾਲ 100 ਫੀਸਦੀ ਪੂਰਾ ਕਰਨ ਲਈ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਇਸ ਪ੍ਰਚਾਰ ਵੈਨ ਰਾਹੀਂ ਲੋਕਾਂ ਨੂੰ ਦੱਸਿਆ ਜਾਵੇਗਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਢਾਂਚੇ ਵਿੱਚ ਚੌਖੇ ਸੁਧਾਰ ਹੋਏ ਹਨ। ਜਿਸ ਨਾਲ ਸੰਸਾਰ ਭਰ ਵਿੱਚ ਚੱਲ ਰਹੇ ਮੁਕਾਬਲੇ ਬਾਜੀ ਦੇ ਦੌਰ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਮੇਂ ਦੇ ਹਾਣੀ ਬਣਾਏ ਜਾ ਰਹੇ ਹਨ। ਜਿਸ ਸਦਕਾ ਹੁਣ ਕਾਨਵੈਂਟ ਅਤੇ ਮਾਡਲ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਨੂੰ ਪ੍ਰਮੁੱਖਤਾ ਦੇ ਰਹੇ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਯੰਤਰ ਯਤਨਾਂ ਸਦਕਾ ਦੋ ਸਾਲਾਂ ਵਿੱਚ ਕੀਤੀ ਗਈ ਮਿਹਨਤ ਨਾਲ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਿਹਾ ਹੈ ਅਤੇ ਮਾਪਿਆਂ ਦਾ ਅਧਿਆਪਕਾਂ ਤੇ ਬਣ ਰਿਹਾ ਵਿਸ਼ਵਾਸ ਸਾਡੀ ਸਫ਼ਲਤਾ ਵੱਲ ਇਸ਼ਾਰਾ ਕਰਦਾ ਹੈ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਹੋਰ ਗਤੀਵਿਧੀਆ ਵੱਲ ਉਤਸ਼ਾਹਿਤ ਕੀਤਾ ਜਾਂਦਾ ਹੈ ਜਿਵੇਂ ਖੇਡਾਂ ਸਮਰ ਕੈਂਪ ਅਤੇ ਅਧਿਆਪਕ ਮਾਪੇ ਮਿਲਣੀ ਵਰਗੇ ਫੈਸਲਿਆਂ ਨੇ ਮਾਪਿਆਂ ਦਾ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਕਾਇਮ ਹੋਇਆ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਮਨਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਦੀਪ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੀਦਾਰ ਸਿੰਘ ਮਾਂਗਟ, ਸਹਾਇਕ ਸਿੱਖਿਆ ਅਫ਼ਸਰ ਜਸਬੀਰ ਸਿੰਘ, ਜ਼ਿਲ੍ਹਾ ਕੁਆਡੀਨੇਟਰ ਕੁਲਦੀਪ ਸਿੰਘ, ਸਹਾਇਕ ਕੁਆਡੀਨੇਟਰ ਅਮਨਦੀਪ ਸਿੰਘ ਮੱਟੂ ਤੋਂ ਇਲਾਵਾ ਸਮੂਹ ਜ਼ਿਲ੍ਹਾ ਬਲਾਕ ਅਫ਼ਸਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।