ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਸ਼ੇਰੋਂ ਵਿੱਚ ਜ਼ਿਲ੍ਹਾ ਪੱਧਰੀ ਰੈਲੀ ਕਰਕੇ ਇੱਕ ਵਾਰ ਫਿਰ ਆਪਣੀ ਤਾਕਤ ਦਿਖਾਈ। ਰੈਲੀ ਵਿੱਚ ਕਿਸਾਨ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਦੱਸਣਯੋਗ ਹੈ ਕਿ ਇਸ ਵਾਰ ਕਈ ਜਥੇਬੰਦੀਆਂ ਵੱਲੋਂ ਕਿਸਾਨੀ ਮੰਗਾਂ ਨੂੰ ਲੈਕੇ ਦਿੱਲੀ ਚੱਲੋ ਅੰਦੋਲਨ 'ਚ ਉਗਰਾਹਾਂ ਧੜੇ ਵੱਲੋਂ ਸ਼ਾਮਿਲ ਨਾ ਹੋਣ ਕਾਰਨ ਸਵਾਲ ਖੜ੍ਹੇ ਹੋ ਰਹੇ ਸਨ ਪਰੰਤੂ ਬੁੱਧਵਾਰ ਨੂੰ ਸ਼ੇਰੋਂ ਵਿਖੇ ਯੂਨੀਅਨ ਨੇ ਵੱਡਾ ਇਕੱਠ ਕਰਕੇ ਆਉਣ ਵਾਲੇ ਦਿਨਾਂ ਵਿੱਚ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਰੈਲੀ ਦੌਰਾਨ ਦੱਸਿਆ ਗਿਆ ਕਿ ਜਥੇਬੰਦੀਆਂ ਵੱਲੋਂ ਦਿੱਲੀ ਚੱਲੋ ਤਜਵੀਜ਼ਸ਼ੁਦਾ ਅੰਦੋਲਨ ਤਹਿਤ ਵੀਰਵਾਰ ਨੂੰ ਸੁਨਾਮ ਵਿੱਚ ਰੇਲ ਗੱਡੀਆਂ ਰੋਕਕੇ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਕਿਸਾਨ ਵਿਰੋਧੀ ਹਨ। ਕਿਸਾਨਾਂ ਦੀ ਆੜ ਵਿੱਚ ਸਿਰਫ਼ ਰਾਜਨੀਤੀ ਕੀਤੀ ਜਾ ਰਹੀ ਹੈ। ਅੰਦੋਲਨਕਾਰੀ ਕਿਸਾਨਾਂ 'ਤੇ ਅੱਤਿਆਚਾਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਲਟਕਦੀਆਂ ਕਿਸਾਨੀ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਤੁਰੰਤ ਲਾਗੂ ਕਰੇ, ਨਹੀਂ ਤਾਂ ਜਥੇਬੰਦੀ ਅਗਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰਾਂ ਦੀਆਂ ਸਾਂਝੀਆਂ ਮੰਗਾਂ ਨੂੰ ਲੈ ਕੇ 24 ਫਰਵਰੀ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਇਆ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਟਰੇਡ ਯੂਨੀਅਨਾਂ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਦੇ ਸੱਦੇ ਦਾ ਜਥੇਬੰਦੀ ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਇਸ ਮੌਕੇ ਸੁਨਾਮ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਗਗਨਦੀਪ ਸਿੰਘ ਚੱਠਾ, ਸੰਗਰੂਰ ਬਲਾਕ ਦੇ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ, ਰਾਮ ਸਰਨ ਸਿੰਘ ਉਗਰਾਹਾਂ, ਬਲਾਕ ਸਕੱਤਰ ਸੁਖਪਾਲ ਮਾਣਕ , ਮਹਿੰਦਰ ਸਿੰਘ ਨਮੋਲ, ਮਨੀ ਸਿੰਘ ਭੈਣੀ, ਹਰਦੀਪ ਸਿੰਘ, ਕਰਮਜੀਤ ਸਿੰਘ, ਮੱਖਣ ਸਿੰਘ ਸ਼ੇਰੋਂ, ਹੈਪੀ ਸਿੰਘ ਸ਼ੇਰੋਂ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।