ਪਾਲਮਪੁਰ : ਸ਼ਹੀਦ ਵਿਕਰਮ ਬੱਤਰਾ ਕਾਰਗਿਲ ਦੇ ਹੀਰੋ ਦੀ ਮਾਂ ਕਮਲਕਾਂਤ ਬੱਤਰਾ ਦਾ ਦੇਹਾਂਤ ਹੋ ਗਿਆ ਹੈ। 77 ਸਾਲ ਦੀ ਉਮਰ ਵਿੱਚ ਉਹ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਦਿਲ ਦਾ ਦੌਰਾ ਪੈਣ ਕਾਰਨ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਪਾਲਮਪੁਰ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਉਹ ਆਪਣੇ ਪਿੱਛੇ ਪਤੀ ਅਤੇ ਇੱਕ ਪੁੱਤਰ ਛੱਡ ਗਈ ਹੈ। ਜਾਣਕਾਰੀ ਮੁਤਾਬਕ ਸ਼ਹੀਦ ਵਿਕਰਮ ਬੱਤਰਾ ਦੀ ਮਾਤਾ ਕਮਲਕਾਂਤ ਬੱਤਰਾ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਪਾਲਮਪੁਰ ‘ਚ ਕੀਤਾ ਜਾਵੇਗਾ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਮਲਕਾਂਤ ਬੱਤਰਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮੁੱਖ ਮੰਤਰੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਉਨ੍ਹਾਂ ਨੂੰ ਸ਼ਹੀਦ ਕੈਪਟਨ ਵਿਕਰਮ ਬੱਤਰਾ ਦੀ ਮਾਤਾ ਸ੍ਰੀਮਤੀ ਕਮਲਕਾਂਤ ਬੱਤਰਾ ਦੇ ਦੇਹਾਂਤ ਦੀ ਦੁਖਦ ਖ਼ਬਰ ਮਿਲੀ ਹੈ। 77 ਸਾਲਾ ਕਮਲਕਾਂਤ ਬੱਤਰਾ ਨੇ ਸਾਲ 2014 ਵਿੱਚ ਲੋਕ ਸਭਾ ਚੋਣ ਵੀ ਲੜੀ ਸੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਤਰਫੋਂ ਚੋਣ ਲੜੀ ਸੀ। ਹਾਲਾਂਕਿ ਚੋਣਾਂ ‘ਚ ਉਹ ਹਾਰ ਗਏ ਸਨ। ਬਾਅਦ ਵਿੱਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ।