ਲਾਡੋਵਾਲ : ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਫ੍ਰੀ ਕਰ ਦਿੱਤਾ ਗਿਆ ਹੈ। ਸੂਬੇ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ‘ਤੇ ਵੀ ਕਿਸਾਨ ਪਹੁੰਚ ਚੁੱਕੇ ਹਨ ਅਤੇ ਇਸ ਨੂੰ ਵੀ ਫ੍ਰੀ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਹਰਿਆਣਾ ਸਰਕਾਰ ਵਲੋਂ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਜਾਣ ਦੀ ਨਿਖ਼ੇਧੀ ਕੀਤੀ ਹੈ। ਇਸ ਦੌਰਾਨ ਟੋਲ ਪਲਾਜ਼ੇ ਤੋਂ ਗੱਡੀਆਂ ਨੂੰ ਫਰੀ ਲੰਘਾਇਆ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਦੀ ਹਮਾਇਤ ‘ਚ ਅੱਜ ਟੋਲ ਪਲਾਜ਼ੇ ਫਰੀ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ ਦੁਪਹਿਰ 12 ਵਜੇ ਤੋਂ 3 ਵੱਜੇ ਤੱਕ ਰੇਲਾਂ ਦਾ ਵੀ ਚੱਕਾ ਜਾਮ ਕੀਤਾ ਜਾਵੇਗਾ। ਭਲਕੇ ਮਤਲਬ ਕਿ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਲਾਡੋਵਾਲ ਟੋਲ ਪਲਾਜ਼ਾ ‘ਤੇ ਕਿਸਾਨਾਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ਨੂੰ ਬੰਦ ਕਰਨ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਅੱਜ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕਣ ਦਾ ਵੀ ਫੈਸਲਾ ਕੀਤਾ ਹੈ। ਪੰਜਾਬ ਦੇ 6 ਜ਼ਿਲ੍ਹਿਆਂ ਲੁਧਿਆਣਾ, ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਫਤਹਿਗੜ੍ਹ ਸਾਹਿਬ ਅਤੇ ਮੋਗਾ ਵਿੱਚ ਟਰੇਨਾਂ ਨੂੰ ਰੋਕਿਆ ਜਾਵੇਗਾ।