ਮਾਲੇਰਕੋਟਲਾ : ਸ਼੍ਰੋਮਣੀ ਅਕਾਲੀ ਦਲ ਦਾ ਹਰ ਆਗੂ ਅਤੇ ਵਰਕਰ ਕਿਸਾਨ ਸੰਘਰਸ਼ ਦੇ ਨਾਲ ਖੜਾ ਹੈ ਅਤੇ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹੈ ਕਿ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ ਤਾਕਿ ਕਿਸਾਨੀ ਦੀ ਆਰਥਿਕ ਸਥਿਤੀ ਮਜ਼ਬੂਤ ਹੋ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਇਥੇ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਮਿਲ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਤੇ ਰਬੜ ਦੀਆਂ ਗੋਲੀਆਂ ਚਲਾਉਣ ਸਮੇਤ ਵੱਖ-ਵੱਖ ਤਰੀਕਿਆਂ ਨਾਲ ਅੱਤਿਆਚਾਰ ਕਰ ਰਹੀਆਂ ਹਨ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰਾਂ ਜ਼ੁਲਮ ਦੀਆਂ ਹੱਦਾਂ ਪਾਰ ਕਰ ਰਹੀਆਂ ਹਨ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦਾ ਘਾਣ ਹੋ ਰਿਹਾ ਹੈ। ਬੀਬਾ ਜ਼ਾਹਿਦਾ ਸੁਲੇਮਾਨ ਨੇ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਹਰਿਆਣਾ ਦੀ ਪੁਲਿਸ ਪੰਜਾਬ ਦੀਆਂ ਸਰਹੱਦਾਂ ਉਤੇ ਪੰਜਾਬ ਦੇ ਕਿਸਾਨਾਂ ਉਤੇ ਜ਼ੁਲਮ ਕਰ ਰਹੀ ਹੈ ਪਰ ਪੰਜਾਬ ਸਰਕਾਰ ਕਿਸਾਨਾਂ ਦੀ ਸੁਰੱਖਿਆ ਕਰਨ ਵਿਚ ਨਾਕਾਮ ਰਹੀ ਹੈ। ਸ਼ਾਂਤੀਪੂਰਨ ਸੰਘਰਸ਼ ਕਰਨਾ ਕਿਸਾਨਾਂ ਦਾ ਅਧਿਕਾਰ ਹੈ ਜਿਸ ਦੀ ਰਾਖੀ ਕੀਤੀ ਜਾਣੀ ਚਾਹੀਦੀ ਹੈ। ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਸਰਕਾਰਾਂ ਨੂੰ ਨਾਟਕਬਾਜ਼ੀ ਛੱਡ ਕੇ, ਕਿਸਾਨਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ। ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਕਿੰਨੀ ਹਾਸੋਹੀਣੀ ਗੱਲ ਹੈ ਕਿ ਕਿਸਾਨਾਂ ਦੀ ਬਿਹਤਰੀ ਲਈ ਰਿਪੋਰਟ ਦੇਣ ਵਾਲੇ ਸਵਾਮੀਨਾਥਨ ਨੂੰ ਭਾਰਤ ਰਤਨ ਐਵਾਰਡ ਦੇਣ ਦਾ ਐਲਾਨ ਕਰ ਦਿਤਾ ਗਿਆ ਪਰ ਉਸ ਵਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁਲ ਦੇਣ ਲਈ ਦਿਤੀ ਗਈ ਰਿਪੋਰਟ ਨੂੰ ਲਾਗੂ ਨਹੀਂ ਕੀਤਾ ਗਿਆ। ਕੇਂਦਰ ਸਰਕਾਰ ਨੇ ਹਮੇਸ਼ਾ ਕਿਸਾਨਾਂ ਨਾਲ ਧੱਕਾ ਹੀ ਕੀਤਾ ਹੈ ਜਦਕਿ ਉਦਯੋਗਪਤੀਆਂ ਦੇ ਅਰਬਾਂ ਰੁਪਏ ਦੇ ਕਰਜ਼ੇ ਮੁਆਫ਼ ਕਰ ਦਿਤੇ ਜਾਂਦੇ ਹਨ। ਅਕਾਲੀ ਆਗੂ ਨੇ ਕਿਹਾ ਕਿ ਬਿਨਾਂ ਦੇਰੀ ਤੋਂ ਸਵਾਮੀਨਾਥਨ ਰਿਪੋਰਟ ਲਾਗੂ ਕਰਕੇ ਕਿਸਾਨ ਸੰਘਰਸ਼ ਦਾ ਸਤਿਕਾਰ ਕਰਨਾ ਚਾਹੀਦਾ ਹੈ। ਸਰਕਾਰਾਂ ਪਹਿਲਾਂ ਹੀ ਬਹੁਤ ਦੇਰੀ ਕਰ ਚੁੱਕੀਆਂ ਹਨ। ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਸਾਨ ਅੰਦੋਲਨ ਦੇ ਸਨਮੁਖ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਬਚਾਉ ਯਾਤਰਾ ਮੁਲਤਵੀ ਕਰਨ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਅਕਾਲੀ ਵਰਕਰਾਂ ਅਤੇ ਆਗੂਆਂ ਨੂੰ ਸੱਦਾ ਦਿਤਾ ਕਿ ਉਹ ਕਿਸਾਨ ਸੰਘਰਸ਼ ਵਿਚ ਸ਼ਾਮਲ ਹੋ ਕੇ ਕਿਸਾਨਾਂ ਦੀ ਹਰ ਪੱਧਰ ਉਤੇ ਮਦਦ ਕਰਨ। ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ, ਇਸ ਲਈ ਇਸ ਹਾਲਾਤ ਵਿਚ ਕਿਸਾਨਾਂ ਨੂੰ ਕਦਾਚਿਤ ਵੀ ਇਕੱਲਾ ਨਹੀਂ ਛੱਡਿਆ ਜਾ ਸਕਦਾ।