ਖਰੜ : ਪੰਜਾਬ ਸਰਕਾਰ ਦੇ ਉਪਰਾਲੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਅੱਜ ਸਬ-ਡਵੀਜਨ ਖਰੜ ਦੇ ਪਿੰਡ ਧੜਾਕ ਕਲਾਂ, ਮਾਛੀਪੁਰ, ਫਤਿਹਪੁਰ ਥੇੜੀ, ਧੜਾਕ ਖੁਰਦ, ਧਬਾਲੀ ਅਤੇ ਸਿਲ ਕੱਪੜਾ ਵਿੱਚ ਲਗਾਏ ਗਏ ਕੈਂਪਾਂ ਵਿੱਚ ਵੱਡੀ ਗਿਣਤੀ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਦਾਨ ਕੀਤਾ ਗਿਆ। ਇਨ੍ਹਾਂ ਕੈਂਪਾਂ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇਕੋ ਛੱਤ ਹੇਠ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਤੋਂ ਇਲਾਵਾ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਨੂੰ ਵੀ ਯਕੀਨੀ ਬਣਾਉਣਾ ਹੈ। ਐਸ.ਡੀ.ਐਮ ਖਰੜ ਗੁਰਮੰਦਰ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਕੈਂਪਾਂ ਵਿੱਚ ਹੁਣ ਤੱਕ ਜਿੰਨੇ ਵੀ ਲਾਭਪਾਤਰੀਆਂ ਵੱਲੋਂ ਸੇਵਾਵਾਂ ਹਾਸਲ ਕਰਨ ਲਈ ਅਰਜ਼ੀਆਂ ਦਿੱਤੀਆਂ ਗਈਆਂ ਹਨ, ਉਹਨਾਂ ਵਿਚੋਂ ਵੱਡੀ ਗਿਣਤੀ ਵਿੱਚ ਅਰਜ਼ੀਆਂ ਦਾ ਨਿਪਟਾਰਾ ਕਰਦੇ ਹੋਏ ਨਾਗਰਿਕਾਂ ਨੂੰ ਵੱਖ-ਵੱਖ ਸੇਵਾਵਾਂ ਦਾ ਮੌਕੇ ’ਤੇ ਲਾਭ ਮਿਲ ਚੁੱਕਾ ਹੈ ਅਤੇ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਲੋੜੀਂਦੀਆਂ ਸੇਵਾਵਾਂ ਜਲਦੀ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇਕ ਛੱਤ ਹੇਠਾਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ, ਲੋਕਾਂ ਦੀਆਂ ਮੁਸ਼ਕਲਾਂ ਸੁਣਨਾ ਅਤੇ ਉਨ੍ਹਾਂ ਦਾ ਮੌਕੇ ’ਤੇ ਹੱਲ ਕਰਨਾ ਹੈ, ਜੋ ਕਿ ਕਾਰਗਰ ਸਿੱਧ ਹੋ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਵੱਖ ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਆਪਣੇ ਘਰਾਂ ਨੇੜੇ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਉਹ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।