ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਪ੍ਰਾਣੀ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਭਾਸ਼ਣ ਕਰਵਾਇਆ ਗਿਆ। ‘ਸਿਹਤ ਅਤੇ ਰੋਗ’ ਵਿਸ਼ੇ ਉੱਤੇ ਇਹ ਭਾਸ਼ਣ ਦਿਲ ਦੇ ਰੋਗਾਂ ਦੇ ਮਾਹਿਰ ਡਾ. ਅਮਰਦੀਪ ਗਰਗ ਵੱਲੋਂ ਦਿੱਤਾ ਗਿਆ। ਉਨ੍ਹਾਂ ਆਪਣੇ ਇਸ ਭਾਸ਼ਣ ਦੌਰਾਨ ਅੱਜ ਦੇ ਮਨੁੱਖ ਦੀ ਜੀਵਨ ਸ਼ੈਲੀ ਅਤੇ ਕਾਰਪੋਰੇਟ ਸੰਸਾਰ ਦੀਆਂ ਸਾਜਿ਼ਸ਼ਾਂ ਨੂੰ ਮਨੁੱਖੀ ਸਿਹਤ ਨਾਲ਼ ਜੋੜ ਕੇ ਅਹਿਮ ਟਿੱਪਣੀਆਂ ਕੀਤੀਆਂ।
ਇੱਕ ਅਹਿਮ ਟਿੱਪਣੀ ਵਿੱਚ ਉਨ੍ਹਾਂ ਕਿਹਾ ਕਿ ਮਨੁੱਖ ਆਪਣੀਆਂ ਪੰਜ ਗਿਆਨ ਇੰਦਰੀਆਂ ਦਾ ਗੁਲਾਮ ਜੀਵ ਹੈ। ਇਹੋ ਗੁਲਾਮੀ ਮਨੁੱਖ ਨੂੰ ਤੰਦਰੁਸਤੀ ਤੋਂ ਦੂਰ ਲਿਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਕੰਮ-ਕਾਜ ਦੇ ਢੰਗ ਬਾਰੇ ਚੇਤੰਨ ਹੋਣ ਦੀ ਲੋੜ ਹੈ। ਕਦੇ ਵੀ ਨਾ ਪੂਰੀਆਂ ਹੋਣ ਵਾਲ਼ੀਆਂ ਫਾਲਤੂ ਦੀ ਇੱਛਾਵਾਂ ਦੀ ਪੂਰਤੀ ਲਈ ਗ਼ਲਤ ਜੀਵਨ ਸ਼ੈਲੀ ਨੂੰ ਅਪਣਾ ਲੈਣਾ ਸਾਨੂੰ ਰੋਗੀ ਬਣਾ ਦਿੰਦਾ ਹੈ। ਮਨ ਦੀ ਸ਼ਾਂਤੀ ਨੂੰ ਦਾਅ ਉੱਤੇ ਲਗਾ ਕੇ ਕੀਤਾ ਗਿਆ ਕੰਮ ਕਾਜ ਕਦੇ ਵੀ ਮਨੁੱਖ ਦੇ ਹਿਤ ਵਿੱਚ ਨਹੀਂ ਹੁੰਦਾ।
ਜਿਵੇਂ ਜਿਵੇਂ ਮਨੁੱਖ ਦੀ ਜਿ਼ੰਦਗੀ ਕੁਦਰਤੀ ਜਿਉਣ ਢੰਗ ਤੋਂ ਦੂਰ ਜਾ ਰਹੀ ਹੈ ਓਵੇਂ ਓਵੇਂ ਮਨੁੱਖ ਰੋਗਾਂ ਦੇ ਜਾਲ਼ ਵਿੱਚ ਫਸਦਾ ਜਾ ਰਿਹਾ ਹੈ। ਪ੍ਰੋਗਰਾਮ ਦੇ ਸ਼ੁਰੂ ਵਿੱਚ ਵਿਭਾਗ ਮੁਖੀ ਪ੍ਰੋ. ਗੁਰਿੰਦਰ ਕੌਰ ਵਾਲੀਆ ਵੱਲੋਂ ਸਵਾਗਤੀ ਸ਼ਬਦ ਬੋਲੇ ਗਏ। ਪ੍ਰੋਗਰਾਮ ਦਾ ਸੰਚਾਲਨ ਪ੍ਰੋ. ਹਿਮੇਂਦਰ ਭਾਰਤੀ ਵੱਲੋਂ ਕੀਤਾ ਗਿਆ। ਧੰਨਵਾਦੀ ਸ਼ਬਦ ਡਾ. ਉਂਕਾਰ ਸਿੰਘ ਨੇ ਬੋਲੇ।