ਚੰਡੀਗੜ੍ਹ : ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਦੇ ਵਿਵਾਦ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਇਤਿਹਾਸਕ ਫ਼ੈਸਲਾ ਸੁਣਾਇਆ ਗਿਆ ਹੈ। ਸੁਪਰੀਮ ਕੋਰਟ ਵੱਲੋਂ ਐਲਾਨੇ ਗਏ ਫ਼ੈਸਲੇ ਨਾਲ ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਆਮ ਆਦਮੀ ਪਾਰਟੀ ਜਿੱਤ ਗਈ ਹੈ। ਚੀਫ਼ ਜਸਟਿਸ ਡੀ.ਵਾਈ ਚੰਦਰਚੂੜ ਦੀ ਪ੍ਰਧਾਨਗੀ ਵਾਲੇ ਤਿੰਨ ਮੈਂਬਰੀ ਬੇਂਚ ਨੇ ਹੁਕਮ ਦਿੱਤੇ ਹਨ ਕਿ ਮੇਅਰ ਦੀ ਚੋਣ ਵਿੱਚ ਅਯੋਗ ਮੰਨੇ ਗਏ 8 ਬੈਲੇਟ ਪੇਪਰਾਂ ਨੂੰ ਯੋਗ ਮੰਨਿਆ ਜਾਵੇਗਾ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਨੂੰ ਮੇਅਰ ਐਲਾਨ ਦਿੱਤਾ ਗਿਆ ਹੈ। ਸੁਪਰੀਮ ਕੋਰਟ ਵੱਲੋਂ ਸੁਣਾਏ ਗਏ ਫ਼ੈਸਲੇ ਨਾਲ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੇਂਚ ਨੇ ਕਿਹਾ ਹੈ ਕਿ ਅਪੀਲ ਕਰਤਾ ਨੂੰ 12 ਮਿਲੇ ਸਨ। ਅੱਠ ਮਤਾਂ ਨੂੰ ਗ਼ਲਤ ਤਰੀਕੇ ਨਾਲ ਅਯੋਗ ਕਰਾਰ ਦਿੱਤਾ ਗਿਆ। ਬਾਅਦ ਵਿਚ ਇਹ ਅੱਠ ਵੋਟ ਅਪੀਲਕਰਤਾ ਦੇ ਪੱਖ ਵਿੱਚ ਪਾਏ ਗਏ। ਇਸ ਤਰ੍ਹਾਂ ਅੱਠ ਮੱਤਾਂ ਨੂੰ ਜੋੜ ਕੇ ਅਪੀਲਕਰਤਾ ਕੋਲ 20 ਵੋਟ ਹੋ ਜਾਂਦੇ ਹਨ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਸ਼ੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸੱਚ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਬੀਜੇਪੀ ਵੱਲੋਂ ਸ਼ਰੇਆਮ ਕੀਤੀ ਗਈ ਧੱਕੇਸ਼ਾਹੀ ਦਾ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਮਿਲਿਆ ਹੈ। ਲੋਕਤੰਤਰ ਦੀ ਇਸ ਵੱਡੀ ਜਿੱਤ ’ਤੇ ਚੰਡੀਗੜ੍ਹ ਵਾਸੀਆਂ ਨੂੰ ਬਹੁਤ ਬਹੁਤ ਮੁਬਾਰਕਾਂ।