ਖਰੜ : ਪੰਜਾਬ ਸਰਕਾਰ ਵੱਲੋਂ ਸਬ-ਡਵੀਜ਼ਨ ਖਰੜ ਦੇ ਪਿੰਡਾਂ ਅਤੇ ਵਾਰਡਾਂ ਵਿੱਚ ਲੱਗ ਰਹੇ 'ਆਪ ਦੀ ਸਰਕਾਰ ਆਪ ਦੇ ਦੁਆਰ' ਕੈਂਪਾਂ 'ਚ ਲੋਕਾਂ ਦੀਆਂ ਸ਼ਿਕਾਇਤਾਂ/ਮਾਮਲਿਆਂ ਦਾ ਨਿਪਟਾਰਾ ਬਿਨਾਂ ਕਿਸੇ ਦੇਰੀ ਅਤੇ ਖੱਜਲ ਖੁਆਰੀ ਤੋਂ ਕੀਤਾ ਜਾ ਰਿਹਾ ਹੈ। ਐਸ.ਡੀ.ਐਮ., ਖਰੜ, ਸ. ਗੁਰਮੰਦਰ ਸਿੰਘ ਵੱਲੋਂ ਕੈਂਪਾਂ ਸਬੰਧੀ ਰੋਜ਼ਾਨਾ ਵੱਖ ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਉਨ੍ਹਾਂ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਮਸਲੇ ਮੌਕੇ 'ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ਜਾ ਰਹੇ ਹਨ। ਇਸ ਸਕੀਮ ਤਹਿਤ ਪਿੰਡ ਅਭੇਪੁਰ, ਮੁੱਲਾਂਪੁਰ ਗਰੀਬਦਾਸ, ਰਾਣੀਮਾਜਰਾ, ਸੈਣੀਮਾਜਰਾ, ਭੜੋਜੀਆਂ, ਦੇਵੀ ਨਗਰ ਅਤੇ ਟੋਡਰਮਾਜਰਾ ਵਿਖੇ ਕੈਂਪ ਲਾਏ ਗਏ। ਸ. ਗੁਰਮੰਦਰ ਸਿੰਘ ਨੇ ਦੱਸਿਆ ਕਿ ਕੈਂਪਾਂ ਵਿੱਚ ਜਿੱਥੇ ਲੋਕ ਇਨ੍ਹਾਂ ਕੈਂਪਾਂ ਵਿੱਚ ਆਪਣੇ ਨਿੱਜੀ ਕੰਮ ਕਰਵਾ ਰਹੇ ਹਨ, ਉਥੇ ਪਿੰਡਾਂ ਦੇ ਸਾਂਝੇ ਮਾਮਲੇ ਵੀ ਹੱਲ ਹੋ ਰਹੇ ਹਨ। ਸੜਕਾਂ, ਸਕੂਲਾਂ, ਹਸਪਤਾਲਾਂ, ਡਿਸਪੈਂਸਰੀਆਂ, ਗਲੀਆਂ, ਨਾਲੀਆਂ, ਛੱਪੜਾਂ, ਲਾਈਟਾਂ ਵਰਗੇ ਮਸਲੇ ਵੀ ਸਮਾਬੱਧ ਢੰਗ ਨਾਲ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ।
ਐੱਸ.ਡੀ.ਐਮ. ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।