ਮੋਹਾਲੀ : ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਪੰਜਾਬ ਸਰਕਾਰ ਵੱਲੋਂ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਗਣ ਵਾਲੇ ਵਿਸ਼ੇਸ਼ ਸੁਵਿਧਾ ਕੈਂਪ ਦਾ ਸ੍ਰੀ ਹਨੂੰਮਾਨ ਮੰਦਿਰ ਫੇਜ਼ 3ਬੀ-2 ਵਿਖੇ ਲੱਗੇ (ਸ਼ਹਿਰੀ ਏਰੀਆ) ਵਿਖੇ ਪੁੱਜ ਕੇ ਜ਼ਾਇਜ਼ਾ ਲਿਆ। ਕੈਂਪ ਦਾ ਦੌਰਾ ਕਰਦਿਆਂ ਉਨ੍ਹਾਂ ਨੇ ਇਹ ਪ੍ਰਗਟਾਵਾ ਕੀਤਾ ਕਿ ਭਗਵੰਤ ਮਾਨ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੇ ਦੁਆਰ ਤੇ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ
ਜਿਸ ਦੇ ਲਈ ਸਰਕਾਰ ਵੱਲੋਂ 'ਆਪ ਦੀ ਸਰਕਾਰ ਆਪ ਦੇ ਦੁਆਰ' ਵਰਗਾ ਸ਼ਲਾਘਾਯੋਗ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ, ਪਿੰਡਾਂ/ਵਾਰਡਾਂ ਵਿੱਚ ਸੇਵਾਵਾਂ ਪ੍ਰਦਾਨ ਕਰਵਾਉਣ ਅਤੇ ਉਨ੍ਹਾਂ ਨੂੰ ਸਰਕਾਰ ਨਾਲ ਸਬੰਧਤ ਕੰਮ ਕਰਾਉਣ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਤੇ ਕਰਨ ਲਈ ਯਤਨਸ਼ੀਲ ਹੈ।
ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਲੜੀ ਤਹਿਤ ਪੰਜਾਬ ਭਰ ਵਿੱਚ ਪਿੰਡਾਂ/ਵਾਰਡਾਂ ਵਿੱਚ ਕੈਂਪ ਲਾ ਕੇ ਲੋਕਾਂ ਨੂੰ ਸੇਵਾਵਾਂ ਦਾ ਲਾਭ ਪ੍ਰਦਾਨ ਕਰਨ ਵਿੱਚ ਤੱਤਪਰ ਹੈ। ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਉਪਰਾਲਾ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਬਹੁਤ ਹੀ ਲਾਹੇਵੰਦ ਸਿੱਧ ਹੋ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।