ਮੋਹਾਲੀ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਾਸਕ ਫੋਰਸ ਫਾਰ ਪਲਸ ਪੋਲੀਓ ਅਤੇ ਜ਼ਿਲ੍ਹਾ ਟਾਸਕ ਫੋਰਸ ਫਾਰ ਇਮੂਨਾਈਜੇਸ਼ਨ ਕਮੇਟੀ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ 03 ਮਾਰਚ ਤੋਂ ਸ਼ੁਰੂ ਹੋ ਰਹੀ ਪਲਸ ਪੋਲੀਓ ਮੁਹਿੰਮ ਦੇ ਪ੍ਰਬੰਧਾਂ ਬਾਰੇ ਚਰਚਾ ਕੀਤੀ ਗਈ। ਇਸ ਤਹਿਤ ਸਿਹਤ ਵਿਭਾਗ ਵੱਲੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 03 ਮਾਰਚ ਤੋਂ 05 ਮਾਰਚ ਤੱਕ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਨੂੰ ਸਫ਼ਲਤਾ ਨਾਲ ਨੇਪਰੇ ਚਾੜ੍ਹਨ ਲਈ 22 ਟਰਾਂਜ਼ਿਟ ਬੂਥ ਲਗਾਏ ਜਾ ਰਹੇ ਹਨ। ਘਰ ਘਰ ਜਾ ਕੇ ਬੱਚਿਆਂ ਨੂੰ ਪਲਸ ਪੋਲੀਓ ਦੀ ਬੂੰਦਾਂ ਪਿਲਾਉਣ ਲਈ 1109 ਟੀਮਾਂ ਬਣਾਈਆਂ ਗਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ 116 ਮੋਬਾਈਲ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਬੱਸ ਸਟੈਂਡਾਂ, ਪਿੰਡਾਂ, ਪ੍ਰਵਾਸੀ ਮਜ਼ਦੂਰਾਂ ਦੀਆਂ ਕਲੋਨੀਆਂ, ਝੁੱਗੀਆਂ ਅਤੇ ਭੱਠਿਆਂ ਤੱਕ ਵੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਹੁੰਚ ਕੇ ਹਰ ਵਰਗ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾ ਪਿਲਾਈਆਂ ਜਾਣਗੀਆਂ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਾਈਵੇਟ ਨਰਸਿੰਗ ਹੋਮ ਅਤੇ ਹਸਪਤਾਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪਲਸ ਪੋਲੀਓ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਪੂਰਾ ਸਹਿਯੋਗ ਕਰਨ ਅਤੇ ਆਪਣੀ ਸੰਸਥਾਵਾਂ ਵਿੱਚ ਦਾਖਲ 0-5 ਸਾਲ ਦੇ ਬੱਚਿਆਂ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਪਿਲਾਉਣੀਆਂ ਯਕੀਨੀ ਬਣਾਉਣ। ਸ਼੍ਰੀਮਤੀ ਸੋਨਮ ਚੌਧਰੀ ਨੇ ਵਿਸ਼ੇਸ਼ ਤੌਰ 'ਤੇ ਹਾਊਸਿੰਗ ਸੁਸਾਇਟੀਆਂ ਨੂੰ ਵਿਸ਼ੇਸ਼ ਤੌਰ 'ਤੇ ਸਹਿਯੋਗ ਦੇਣ ਦੀ ਅਪੀਲ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ ਵੱਖ ਵਿਭਾਗਾਂ ਨੂੰ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਅਪਣੇ ਬੱਚਿਆਂ ਨੂੰ ਪੋਲੀਓ ਤੋਂ ਬਚਾਅ ਲਈ ਇਹ ਬੂੰਦਾਂ ਜ਼ਰੂਰ ਪਿਲਾਉਣ। ਇਸ ਮੌਕੇ ਸਿਹਤ ਵਿਭਾਗ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।