ਫ਼ਤਹਿਗੜ੍ਹ ਸਾਹਿਬ : ਦੇਸ਼ ਦੇ ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਲਈ ਦਿੱਤੇ ਗਏ ਨਾਅਰੇ "ਇਸ ਵਾਰ 70 ਪਾਰ" ਨੂੰ ਹਕੀਕੀ ਰੂਪ ਵਿੱਚ ਲਾਗੂ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਤਾਂ ਜੋ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਨਾਲ ਸਾਡੇ ਲੋਕਤੰਤਰ ਨੂੰ ਹੋਰ ਮਜਬੂਤ ਕੀਤਾ ਜਾ ਸਕੇ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅਗਾਮੀ ਲੋਕ ਸਭਾ ਚੋਣਾਂ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਵੋਟ ਬਣਾਉਣਾ ਤੇ ਉਸ ਦਾ ਸਹੀ ਇਸਤੇਮਾਲ ਕਰਨਾ ਸਾਡੀ ਸਮਾਜ ਪ੍ਰਤੀ ਜਿੰਮੇਵਾਰੀ ਬਣਦੀ ਹੈ ਅਤੇ ਆਪਣੇ ਸੰਵਿਧਾਨਕ ਹੱਕ ਦੀ ਪੂਰਤੀ ਲਈ ਸਾਨੂੰ ਸਾਰਿਆਂ ਨੂੰ ਮੋਹਰੀ ਹੋ ਕੇ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ "ਇਸ ਵਾਰ 70 ਪਾਰ" ਦੇ ਨਾਅਰੇ ਦੀ ਸਫਲਤਾ ਵਾਸਤੇ ਜ਼ਿਲ੍ਹੇ ਦੇ ਉਨ੍ਹਾਂ ਪੋਲਿੰਗ ਸਟੇਸ਼ਨਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਜਿਥੇ ਕਿ ਪਿਛਲੀਆਂ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਦੌਰਾਨ ਹੋਰਨਾਂ ਹਲਕਿਆਂ ਨਾਲੋਂ ਘੱਟ ਵੋਟਾਂ ਪਈਆਂ ਹਨ। ਇਨ੍ਹਾਂ ਪੋਲਿੰਗ ਸਟੇਸ਼ਨਾਂ ਦੇ ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਸਵੀਪ ਅਧੀਨ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਅਤੇ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਵਾਸਤੇ ਵੱਖ-ਵੱਖ ਗਤੀਵਿਧੀਆਂ ਰਾਹੀਂ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਮਹਿਲਾ ਵੋਟਰਾਂ ਤੇ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਮਾਡਲ ਪੋਲਿੰਗ ਸਟੇਸ਼ਨ ਵੀ ਬਣਾਏ ਜਾਣਗੇ ਤਾਂ ਜੋ ਇਨ੍ਹਾਂ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹਾ ਚੋਣ ਅਫਸਰ ਨੇ ਹੋਰ ਦੱਸਿਆ ਕਿ ਜਿਹੜੇ ਪੋਲਿੰਗ ਸਟੇਸ਼ਨਾਂ ਤੇ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਵਧੇਰੇ ਉਤਸ਼ਾਹਤ ਨਹੀਂ ਲੱਗਣਗੇ ਉਨ੍ਹਾਂ ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਮੋਬਾਇਲ ਜਾਗਰੂਕਤਾ ਵੈਨ ਵੀ ਚਲਾਈ ਜਾ ਰਹੀ ਹੈ ਅਤੇ ਜ਼ਿਲ੍ਹੇ ਦੇ ਸਵੀਪ ਆਈਕੋਨ ਵੱਲੋਂ ਸੰਦੇਸ਼ ਤਿਆਰ ਕਰਕੇ ਲੋਕਾਂ ਵਿੱਚ ਵੱਖ-ਵੱਖ ਸ਼ੋਸ਼ਲ ਮੀਡੀਆ ਪਲੇਟ ਫਾਰਮਾਂ ਰਾਹੀਂ ਸ਼ੇਅਰ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੋਟ ਦਾ ਇਸਤੇਮਾਲ ਕਰਨ ਤੋਂ ਕਦੇ ਵੀ ਅਵੇਸਲਾ ਨਹੀਂ ਹੋਣਾ ਚਾਹੀਦਾ ਕਿਉਂਕਿ ਆਪਣੀ ਵੋਟ ਦਾ ਇਸਤੇਮਾਲ ਕਰਕੇ ਹੀ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਿਕਾਸ ਪੱਖੀ ਸਰਕਾਰਾਂ ਦੀ ਚੋਣ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਮੂਹ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਬਾਰੇ ਜਾਗਰੂਕ ਹੋਣਾ ਚਾਹੀਦਾ ਹੈ ਤਾਂ ਜੋ ਸਾਡੇ ਸੰਵਿਧਾਨ ਵੱਲੋਂ ਦਿੱਤੇ ਗਏ ਵੋਟ ਦੇ ਅਧਿਕਾਰ ਨੂੰ ਸਫਲਤਾ ਨਾਲ ਇਸਤੇਮਾਲ ਕੀਤਾ ਜਾ ਸਕੇ।