ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਲਗਾਏ ਜਾ ਰਹੇ ਸੱਤ ਰੋਜ਼ਾ ਕੈਂਪ ਤਹਿਤ ਅੱਜ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਸਹਿਯੋਗ ਨਾਲ਼ ਖੂਨਦਾਨ ਕੈਂਪ ਲਗਵਾਇਆ ਗਿਆ। ਸੰਨੀ ਓਬਰਾਏ ਆਰਟਸ ਆਡੀਟੋਰਿਅਮ ਵਿਖੇ ਲਗਾਏ ਇਸ ਕੈਂਪ ਦੌਰਾਨ 151 ਵਲੰਟੀਆਂ ਵੱਲੋਂ ਖੂਨ ਦਾਨ ਕੀਤਾ ਗਿਆ। ਉਪ-ਕੁਲਪਤੀ ਪ੍ਰੋ. ਅਰਵਿੰਦ ਵੱਲੋਂ ਇਸ ਖੂਨਦਾਨ ਕੈਂਪ ਦਾ ਦੌਰਾ ਕੀਤਾ ਗਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਵਲੰਟੀਅਰਾਂ ਨੂੰ ਇਸ ਨੇਕ ਕਾਰਜ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ਼ ਸ਼ਰੀਰ ਨੂੰ ਕੋਈ ਨੁਕਸਾਨ ਨਹੀ ਹੁੰਦਾ ਸਗੋਂ ਨਵਾਂ ਖੂਨ ਬਣਨ ਵਿੱਚ ਮਦਦ ਹੁੰਦੀ ਹੈ। ਅਜਿਹਾ ਕਰ ਕੇ ਲੋੜਵੰਦ ਮਰੀਜ਼ਾਂ ਦੀ ਜਾਨ ਬਚਾਈ ਜਾ ਸਕਦੀ ਹੈ। ਐੱਨ. ਐੱਸ. ਐੱਸ. ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ ਸਰਕਾਰੀ ਰਜਿੰਦਰਾ ਹਸਪਤਾਲ ਵੱਲੋ ਡੇਂਗੂ ਦੇ ਮਰੀਜ਼ਾਂ ਦੀ ਵਧਦੀ ਹੋਈ ਗਿਣਤੀ ਅਤੇ ਖੂਨ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਲਗਾਇਆ ਗਿਆ। ਇਸ ਖੂਨਦਾਨ ਕੈਂਪ ਵਿਚ 210 ਵਲੰਟੀਅਰਾਂ ਅਤੇ ਕਰਮਚਾਰੀਆਂ ਵੱਲੋ ਰਜਿਸਟ੍ਰੇਸ਼ਨ ਕਰਵਾਈ ਗਈ ਜਿਸ ਵਿੱਚੋ 151 ਵਲੰਟੀਅਰਜ਼ ਅਤੇ ਕਰਮਚਾਰੀਆਂ ਵੱਲੋ ਖੂਨਦਾਨ ਕੀਤਾ ਗਿਆ।
ਕੈਂਪ ਦੇ ਆਯੋਜਨ ਵਿੱਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ, ਡਾ. ਅਭਿਨਵ ਭੰਡਾਰੀ ਅਤੇ 75 ਵਲੰਟੀਅਰਾਂ ਨੇ ਭਾਗ ਲਿਆ। ਇਨਾਂ ਵੰਲਟੀਅਰਾਂ ਵੱਲੋਂ ਕਲਾਸਾਂ ਵਿਚ ਜਾ-ਜਾ ਕੇ ਖੂਨਦਾਨ ਲਈ ਪ੍ਰੇਰਿਤ ਕੀਤਾ ਗਿਆ। ਪ੍ਰੋ. ਮਮਤਾ ਸ਼ਰਮਾ ਨੇ ਸਰਕਾਰੀ ਰਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਤੋਂ ਡਾ. ਸੁਖਵਿੰਦਰ ਸਿੰਘ ਦੀ ਟੀਮ ਅਤੇ ਵਲੰਟੀਅਰਾਂ ਦਾ ਇਸ ਮਹਾਨ ਕਾਰਜ ਵਿਚ ਜੁੜਨ ਦੇ ਧੰਨਵਾਦ ਕੀਤਾ।