ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਦਿੱਲੀ ਜਾਣ ਵਾਲੇ ਕਿਸਾਨ ਭਰਾਵਾਂ ਲਈ ਸ਼ੰਭੂ ਬਾਰਡਰ ’ਤੇ ਚਲਾਏ ਜਾ ਰਹੇ ਨਿਰੰਤਰ ਲੰਗਰਾਂ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਦੀ ਭੀੜ ਉਮੜਨ ਲੱਗ ਪਈ ਹੈ ਕਿਉਂਕਿ ਦਿਨ ਰਾਤ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਅਤੇ ਮੈਡੀਕਲ ਸੇਵਾਵਾਂ ਨੂੰ ਜਾਰੀ ਰੱਖਿਆ ਹੋਇਆ ਹੈ। ਸ਼ੰਭੂ ਬਾਰਡਰ ’ਤੇ ਚੱਲ ਰਹੇ ਲੰਗਰ ਵਿਚ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਕਈ ਦਿਨਾਂ ਤੋਂ ਖੁਦ ਆਪ ਆਪਣੇ ਹੱਥੀਂ ਕਿਸਾਨ ਭਰਾਵਾਂ ਨੂੰ ਲੰਗਰ ਸੇਵਾ ਕਰ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗਗਨਜੀਤ ਸਿੰਘ ਬਰਨਾਲਾ ਵੀ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਲੰਗਰ ਅਸਥਾਨ ’ਤੇ ਪੁੱਜੇ, ਜਿਨ੍ਹਾਂ ਨੇ ਖੁਦ ਲੰਗਰ ਸੇਵਾ ਵਿਚ ਯੋਗਦਾਨ ਪਾਇਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਇਸ ਉਦਮ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਫਲਸਫਾ ਸਾਰਿਆਂ ਲਈ ਸਰਬੱਤ ਭਲਾ ਮੰਗਦਾ, ਜਿਸ ਤਹਿਤ ਕਿਸਾਨ ਭਰਾਵਾਂ ਲਈ ਲੰਗਰ ਸੇਵਾ ਸ਼ੁਰੂ ਕੀਤੀ ਗਈ ਹੈ। ਗਗਨਜੀਤ ਸਿੰਘ ਬਰਨਾਲਾ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣਾ ਮੰਦਭਾਗਾ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਪ੍ਰਤੀ ਆਪਣਾ ਸਖਤ ਰਵੱਈਆ ਛੱਡਦੇ ਹੋਏ ਉਨ੍ਹਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਚਾਹੀਦਾ ਹੈ। ਇਸ ਮੌਕੇ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ਖੇਤੀ ਦੇ ਕਾਲੇ ਕਾਨੂੰਨ ਰੱਦ ਕਰਨ ਸਮੇਂ ਸਰਕਾਰ ਨੇ ਕਿਸਾਨਾਂ ਨਾਲ ਐਮਐਸਪੀ ਲਾਗੂ ਕਰਨ ਦਾ ਵਾਅਦਾ ਕੀਤਾ ਸੀ, ਪ੍ਰੰਤੂ ਕਿਸਾਨਾਂ ਮੰਗਾਂ ਅੱਜ ਤੱਕ ਨਹੀਂ ਮੰਨੀਆਂ ਗਈਆਂ ਉਨ੍ਹਾਂ ਕਿਹਾ ਕਿ ਸਰਕਾਰ ਵਾਅਦਾ ਖਿਲਾਫ਼ੀ ਨਾ ਕਰੇ ਕਿਉਂਕਿ ਇਹੋ ਕਿਸਾਨ ਦੇਸ਼ ਦਾ ਅੰਨਦਾਤਾ ਕਿਸਾਨ ਹੈ, ਜੋ ਅਨਾਜ ਭੰਡਾਰ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਉਂਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਸਤੇਂਦਰ ਸਿੰਘ ਬਾਜਵਾ, ਲਖਵਿੰਦਰ ਸਿੰਘ, ਜੰਗ ਸਿੰਘ ਇਟਲੀ, ਪੀਏ ਟੋਨੀ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।