ਸਮਾਣਾ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਢਾਬੀ ਗੁੱਜਰਾਂ/ਖਨੌਰੀ ਬਾਰਡਰ ਵਿਖੇ ਨੌਜਵਾਨ ਕਿਸਾਨ ਦੀ ਹੋਈ ਮੌਤ ਨੂੰ ਮੰਦਭਾਗਾ ਦੱਸਦਿਆਂ ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ 'ਤੇ ਕੀਤੇ ਜਾ ਰਹੇ ਤਸ਼ੱਦਦ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਾਡੇ ਸੂਬੇ ਦੇ ਕਿਸਾਨ ਪੂਰੇ ਦੇਸ਼ ਦੇ ਕਿਸਾਨਾਂ ਨੂੰ ਸੁਰੱਖਿਅਤ ਕਰਨ ਦੀ ਲੜਾਈ ਲੜ ਰਹੇ ਹਨ ਪਰ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਕੇ ਮੁਕਰ ਰਹੀ ਹੈ, ਜਦਕਿ ਸੰਵਿਧਾਨ ਤੇ ਸੁਪਰੀਮ ਕੋਰਟ ਨੇ ਵੀ ਸ਼ਾਂਤਮਈ ਪ੍ਰਦਰਸ਼ਨ ਨੂੰ ਜਾਇਜ਼ ਕਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੇ ਹਰਿਅਣਾ ਸਰਕਾਰ ਕਿਸਾਨਾਂ ਉਪਰ ਅੱਤਿਆਚਾਰ ਕਰ ਰਹੀ ਹੈ, ਜਿਸ ਦੀ ਉਹ ਘੋਰ ਨਿੰਦਾ ਕਰਦੇ ਹਨ। ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਹਮਦਰਦੀ ਜਖ਼ਮੀ ਹੋਏ ਤੇ ਮ੍ਰਿਤਕ ਨੌਜਵਾਨ ਕਿਸਾਨ ਦੇ ਪਰਿਵਾਰ ਦੇ ਨਾਲ ਹੈ।