ਖਰੜ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਲਗਾਏ ਗਏ ਕੈਂਪਾਂ ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਡੀ ਗਿਣਤੀ ਵਿਚ ਲੋਕ ਇਨ੍ਹਾਂ ਕੈਂਪਾਂ ਵਿਚ ਜਾ ਕੇ ਭਰਪੂਰ ਲਾਹਾ ਲੈ ਕੇ ਆਪਣੀਆਂ ਸਮਸਿਆਵਾਂ ਦਾ ਨਿਪਟਾਰਾ ਕਰਵਾ ਰਹੇ ਹਨ, ਜਿਸ ਨਾਲ ਕੈਂਪਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਪ ਮੰਡਲ ਮੈਜਿਸਟਰੇਟ, ਖਰੜ, ਸ੍ਰੀ ਗੁਰਮੰਦਰ ਸਿੰਘ ਨੇ ਦੱਸਿਆ ਕਿ ਖਰੜ ਉਪ ਮੰਡਲ ਦੇ ਪਿੰਡ ਧਨੋੜਾਂ, ਨਾਡਾ, ਤੋਗਾ, ਸ਼ਿੰਗਾਰੀਵਾਲਾ ਅਤੇ ਮਸਤਗੜ੍ਹ ਵਿਖੇ ਲਾਏ ਕੈਂਪ ਵਿਚ ਲੋਕਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਸੇਵਾਵਾਂ ਦਾ ਲਾਭ ਲੈ ਰਹੇ ਹਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰ ਰਹੇ ਹਨ। ਐੱਸ.ਡੀ.ਐਮ ਨੇ ਦੱਸਿਆ ਕਿ "ਆਪ ਦੀ ਸਰਕਾਰ ਆਪ ਦੇ ਦੁਆਰ" ਕੈਂਪਾਂ ਵਿੱਚ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਲੋਕਾਂ ਲਈ ਬਹੁਤ ਹੀ ਲਾਭਦਾਇਕ ਸਿਧ ਹੋ ਰਹੀਆਂ ਹਨ, ਆਮ ਨਾਗਰਿਕ ਘਰ ਬੈਠੇ ਹੀ ਵੱਧ ਤੋਂ ਵੱਧ ਲਾਹਾ ਲੈ ਰਹੇ ਹਨ ਅਤੇ ਆਪਣੇ ਲੰਮੇ ਸਮੇਂ ਤੋਂ ਲੰਬਿਤ ਚਲੇ ਆ ਰਹੇ ਕੰਮਾਂ ਦਾ ਨਿਪਟਾਰਾ ਹੋਣ ਨਾਲ ਖੁਸ਼ ਨਜਰ ਆ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।