ਸੁਨਾਮ : ਕਿਸਾਨੀ ਮੰਗਾਂ ਲਾਗੂ ਕਰਨ ਤੋਂ ਇਨਕਾਰੀ ਹੋਈ ਨਰਿੰਦਰ ਮੋਦੀ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਲਾ ਦਿਵਸ ਮਨਾਉਣ ਦੇ ਸੱਦੇ ਤਹਿਤ ਸ਼ੁੱਕਰਵਾਰ ਨੂੰ ਸੁਨਾਮ ਦੇ ਬੱਸ ਸਟੈਂਡ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਅਮੀਰ ਘਰਾਣਿਆਂ ਦਾ ਪੱਖ ਪੂਰ ਰਹੀ ਹੈ ਅਤੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਕਿਸਾਨਾਂ ਤੇ ਅੱਥਰੂ ਗੈਸ ਅਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਤਹਿਸੀਲ ਸੁਨਾਮ ਦੇ ਆਗੂਆਂ ਕਾਮਰੇਡ ਹਰਦੇਵ ਸਿੰਘ ਬਖਸ਼ੀਵਾਲਾ , ਬਿੰਦਰਪਾਲ ਛਾਜਲੀ , ਵਰਿੰਦਰ ਕੌਸ਼ਿਕ ਅਤੇ ਜਸਵੰਤ ਸਿੰਘ ਬਿਗੜਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਮੰਨੀਆਂ ਕਿਸਾਨੀ ਮੰਗਾਂ ਲਾਗੂ ਨਾ ਕਰਕੇ ਕਿਸਾਨਾਂ ਨੂੰ ਸੰਘਰਸ਼ ਵਿੱਢਣ ਲਈ ਮਜਬੂਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੱਕ ਮੰਗਦੇ ਕਿਸਾਨਾਂ ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਜਿਸ ਕਾਰਨ ਕਈ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਮੰਗਾਂ ਮੰਨਵਾਉਣ ਲਈ 26 ਫਰਵਰੀ ਸਾਰੇ ਦੇਸ਼ ਵਿੱਚ ਟਰੈਕਟਰ ਮਾਰਚ ਅਤੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ '' ਕਿਸਾਨ ਮਜਦੂਰ ਮਹਾਂਪੰਚਾਇਤ '' ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਦਾ ਏਕਾ ਕੇਂਦਰ ਸਰਕਾਰ ਨੂੰ ਮੰਨੀਆਂ ਮੰਗਾਂ ਲਾਗੂ ਕਰਨ ਲਈ ਮਜਬੂਰ ਕਰ ਦੇਵੇਗਾ। ਇਸ ਮੌਕੇ ਐਡਵੋਕੇਟ ਮਿੱਤ ਸਿੰਘ ਜਨਾਲ , ਹਰਜੀਤ ਸਿੰਘ,ਬਿਰਜ ਲਾਲ ਧੀਮਾਨ, ਨਿਰਮਲ ਸਿੰਘ, ਲਖਵਿੰਦਰ ਸਿੰਘ, ਸ਼ਹੀਦ ਊਧਮ ਸਿੰਘ ਟੈਕਸੀ ਐਸੋਸੀਏਸ਼ਨ ਸੁਨਾਮ ਦੇ ਮੈਂਬਰ ਪਰਮਜੀਤ ਸਿੰਘ, ਗੁਰਭੇਜ ਸਿੰਘ, ਜਗਰੂਪ ਸਿੰਘ ,ਨਿੱਕਾ ਸਿੰਘ, ਕਾਲਾ ਸਿੰਘ, ਦਰਸ਼ਨ ਸਿੰਘ, ਬੂਟਾ ਸਿੰਘ ਆਦਿ ਹਾਜ਼ਰ ਸਨ ।