ਡੇਰਾਬਸੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਦੇ ਸਾਰਥਕ ਨਤੀਜੇ ਪ੍ਰਾਪਤ ਹੋ ਰਹੇ ਹਨ। ਇਸ ਮੁਹਿੰਮ ਤਹਿਤ ਆਮ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਅੱਜ ਸਬ ਡੇਰਾਬਸੀ ਦੇ ਪਿੰਡ ਬਹੋੜਾ, ਭਗਵਾਨਪੁਰ, ਕੁੜਾਵਾਲਾ, ਇਬਰਾਹਿਮਪੁਰ ਅਤੇ ਜਵਾਹਰਪੁਰ ਵਿਖੇ ਵਿਸ਼ੇਸ ਕੈਂਪ ਲਗਾਏ ਗਏ। ਇਸ ਕੈਂਪ ਦੌਰਾਨ ਹਲਕਾ ਵਿਧਾਇਕ ਡੇਰਾਬੱਸੀ ਸ. ਕੁਲਜੀਤ ਸਿੰਘ ਰੰਧਾਵਾ ਨੇ ਮੌਕੇ ਤੇ ਪਹੁੰਚ ਕੇ ਦੌਰਾ ਕੀਤਾ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ।
ਇਸ ਮੌਕੇ ਬਲਾਕ ਪ੍ਰਧਾਨ, ਅਤੇ ਆਮ ਆਦਮੀ ਪਾਰਟੀ ਦੀ ਟੀਮ ਦੇ ਮੈਂਬਰ ਵੀ ਹਾ਼ਜ਼ਰ ਸਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼, ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਇਸ ਲਈ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ। ਇਸ ਮੌਕੇ ਜਿੱਥੇ ਸੇਵਾਵਾਂ ਲਈ ਆਨਲਾਈਨ ਅਪਲਾਈ ਕੀਤਾ ਜਾਂਦਾ ਹੈ, ਉੱਥੇ ਲੋਕ ਆਪਣੀਆਂ ਸ਼ਿਕਾਇਤਾਂ ਵੀ ਆੱਨਲਾਈਨ ਪੋਰਟਲ ‘ਤੇ ਦਰਜ ਕਰਵਾ ਸਕਦੇ ਹਨ। ਉਹਨਾਂ ਕਿਹਾ ਕਿ ਇਹਨਾਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇਗਾ।
ਉਹਨਾਂ ਲੋਕਾਂ ਨੂੰ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੱਤਾ। ਕੈਂਪ ਵਿੱਚ 44 ਸੁਵਿਧਾਵਾਂ ਪੰਜਾਬ ਸਰਕਾਰ ਵੱਲੋਂ ਆਮ ਜਨਤਾ ਲਈ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।