ਸੁਨਾਮ : ਹੱਕਾਂ ਲਈ ਆਵਾਜ਼ ਬੁਲੰਦ ਕਰ ਰਹੇ ਕਿਸਾਨਾਂ ਉੱਤੇ ਕੇਂਦਰ ਸਰਕਾਰ ਦੀ ਸ਼ਹਿ ਤੇ ਅੱਥਰੂ ਗੈਸ ਦੇ ਗੋਲੇ ਦਾਗਣ ਵਾਲੀ ਹਰਿਆਣਾ ਸਰਕਾਰ ਵਿਰੁੱਧ ਰੋਸ ਜ਼ਾਹਿਰ ਕਰਨ ਲਈ ਦਰਜਨਾਂ ਮਜ਼ਦੂਰਾਂ ਨੇ ਪਿੰਡ ਉਗਰਾਹਾਂ ਵਿਖੇ ਕੇਂਦਰ ਅਤੇ ਹਰਿਆਣਾ ਸਰਕਾਰ ਦੀ ਅਰਥੀ ਫੂਕਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਅੰਦੋਲਨਕਾਰੀ ਨੌਜਵਾਨ ਸ਼ੁਭਕਰਨ ਸਿੰਘ ਬੱਲ੍ਹੋ ਨੂੰ ਗੋਲੀਆਂ ਮਾਰਕੇ ਸ਼ਹੀਦ ਕਰਨ ਵਾਲੇ ਅਤੇ ਦਰਜਨਾਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਜ਼ਖ਼ਮੀ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਸ਼ੁੱਕਰਵਾਰ ਨੂੰ ਸੁਨਾਮ ਨੇੜਲੇ ਪਿੰਡ ਉਗਰਾਹਾਂ ਵਿਖੇ ਲਿਬਰੇਸ਼ਨ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ , ਘੁਮੰਡ ਸਿੰਘ ਖਾਲਸਾ ਅਤੇ ਧਰਮ ਸਿੰਘ ਸੁਨਾਮ ਨੇ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਅਤੇ ਹਰਿਆਣਾ ਸਰਕਾਰ ਦਿੱਲੀ ਜਾਣ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ ਨੂੰ ਸਹਿਮਤੀ ਨਾਲ ਰਸਤਾ ਦੇਣ ਦੀ ਬਜਾਏ ਉਨ੍ਹਾਂ ਉਤੇ ਡਰੋਨ ਅਤੇ ਬੰਦੂਕਾਂ ਨਾਲ ਲਗਾਤਾਰ ਹੰਝੂ ਗੈਸ ਦੇ ਗੋਲੇ ਦਾਗ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਵਰਤਾਰਾ ਦੂਜੇ ਮੁਲਕ ਨਾਲ ਲੜਾਈ ਸਮੇਂ ਵਰਤਦਾ ਹੈ ਨਾ ਕਿ ਆਪਣੇ ਹੀ ਦੇਸ਼ ਵਿੱਚ ਬੇਗਾਨਗੀ ਵਾਲਾ ਅਹਿਸਾਸ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਮਜ਼ਦੂਰ ਅਤੇ ਕਿਸਾਨਾਂ ਤੇ ਹੋ ਰਹੇ ਕਤਲੇਆਮ ਜ਼ਬਰ ਦੇ ਖਿਲਾਫ਼ ਲਿਬਰੇਸ਼ਨ ਪਾਰਟੀ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ।ਇਸ ਮੌਕੇ ਕਾਮਰੇਡ ਮਹਿੰਦਰ ਸਿੰਘ ਉਗਰਾਹਾਂ, ਮੇਲਾ ਸਿੰਘ , ਕਸ਼ਮੀਰ ਸਿੰਘ ਉਗਰਾਹਾਂ ਸਮੇਤ ਹੋਰ ਮੈਂਬਰ ਹਾਜ਼ਰ ਸਨ।