ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਸਵੀਪ ਨੋਡਲ ਅਫਸਰ-ਕਮ-ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਮਨਰੀਤ ਰਾਣਾ ਨੇ ਅਗਾਮੀ ਲੋਕ ਸਭਾ ਚੋਣਾਂ ਲਈ ਸਵੀਪ ਗਤੀਵਿਧੀਆਂ ਵਿੱਚ ਤੇਜੀ ਲਿਆਉਣ ਲਈ ਆਪਣੇ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਕੀਤੀ। ਜਿਸ ਵਿੱਚ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਲਈ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਦਿੱਤੇ "ਇਸ ਵਾਰ 70 ਪਾਰ" ਦੇ ਟੀਚੇ ਨੂੰ ਹਾਸਲ ਕਰਨ ਵਾਸਤੇ ਸਵੀਪ ਗਤੀਵਿਧੀਆਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨਹਿਰੂ ਯੁਵਾ ਕੇਂਦਰ ਦੇ ਸਹਾਇਕ ਡਾਇਰੈਕਟਰ ਮਨਤੇਜ ਸਿੰਘ ਚੀਮਾ ਨੂੰ ਕਿਹਾ ਕਿ ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਯੂਥ ਕਲੱਬਾਂ ਦਾ ਵੱਧ ਤੋਂ ਵੱਧ ਸਹਿਯੋਗ ਲਿਆ ਜਾਵੇ ਅਤੇ ਯੂਥ ਕਲੱਬਾਂ ਰਾਹੀਂ ਵੱਖ-ਵੱਖ ਗਤੀਵਿਧੀਆਂ ਕਰਵਾ ਕੇ ਵੋਟਰਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਪੋਲਿੰਗ ਦਰ ਵਿੱਚ ਵਾਧਾ ਕੀਤਾ ਜਾ ਸਕੇ। ਜ਼ਿਲ੍ਹਾ ਸਵੀਪ ਨੋਡਲ ਅਫਸਰ ਨੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ ਨੂੰ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਵਿੱਚ ਮਹਿਲਾ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਆਂਗਨਵਾੜੀ ਵਰਕਰਾਂ ਦਾ ਸਹਿਯੋਗ ਲਿਆ ਜਾਵੇ ਤਾਂ ਜੋ ਮਹਿਲਾ ਵੋਟਰਾਂ ਦੀ ਸ਼ਮੂਲੀਅਤ ਨਾਲ ਲੋਕਤੰਤਰ ਨੂੰ ਹੋਰ ਮਜਬੂਤ ਕੀਤਾ ਜਾ ਸਕੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਨਿਰਦੇਸ਼ ਵੀ ਦਿੱਤੇ ਕਿ ਜ਼ਿਲ੍ਹੇ ਦੇ ਜਿਹੜੇ ਪੋਲਿੰਗ ਸਟੇਸ਼ਨਾਂ ਤੇ ਪਿਛਲੀਆਂ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਦੌਰਾਨ ਘੱਟ ਪੋਲਿੰਗ ਦਰ ਰਿਕਾਰਡ ਕੀਤੀ ਗਈ ਹੈ ਉਨ੍ਹਾਂ ਪੋਲਿੰਗ ਸਟੇਸ਼ਨਾਂ ਤੇ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਇਨ੍ਹਾਂ ਪੋਲਿੰਗ ਸਟੇਸ਼ਨਾਂ ਦੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ।
ਸ਼੍ਰੀਮਤੀ ਮਨਰੀਤ ਰਾਣਾ ਨੇ ਕਿਹਾ ਕਿ ਵੋਟ ਦਾ ਸਹੀ ਇਸਤੇਮਾਲ ਹਰੇਕ ਨਾਗਰਿਕ ਦਾ ਸੰਵਿਧਾਨਕ ਹੱਕ ਹੈ ਅਤੇ ਸਮਾਜ ਪ੍ਰਤੀ ਜਿੰਮੇਵਾਰੀ ਵੀ ਬਣਦੀ ਹੈ ਇਸ ਲਈ ਨਾਗਰਿਕਾਂ ਨੂੰ ਕਦੇ ਵੀ ਆਪਣੀ ਵੋਟ ਦੇ ਇਸਤੇਮਾਲ ਤੋਂ ਅਵੇਸਲਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਵੋਟ ਦਾ ਅਧਿਕਾਰ ਸਾਡੇ ਸੰਵਿਧਾਨ ਵਿੱਚ ਉਹ ਹਥਿਆਰ ਹੈ ਜਿਸ ਦੀ ਵਰਤੋਂ ਨਾਲ ਅਸੀਂ ਆਪਣੇ ਦੇਸ਼ ਦੀ ਬਿਹਤਰੀ ਲਈ ਯੋਗਦਾਨ ਪਾ ਸਕਦੇ ਹਾਂ। ਸਾਨੂੰ ਸਾਰਿਆਂ ਨੂੰ ਆਪਣੀ ਵੋਟ ਦੀ ਮਹੱਤਤਾ ਸਮਝਦੇ ਹੋਏ ਬਿਨਾਂ ਕਿਸੇ ਡਰ, ਲਾਲਚ ਜਾਂ ਦਬਾਅ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਐਸ.ਡੀ.ਐਮ. ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਵੀਪ ਪ੍ਰੋਗਰਾਮ ਅਧੀਨ ਵੋਟਰ ਜਾਗਰੂਕਤਾ ਵੈਨ ਚਲਾਈ ਜਾ ਰਹੀ ਹੈ ਜੋ ਕਿ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਬਾਰੇ ਜਾਗਰੂਕ ਕਰ ਰਹੀ ਹੈ। ਇਸ ਵੈਨ ਰਾਹੀਂ ਵੋਟਰਾਂ ਨੂੰ ਈ.ਵੀ.ਐਮ. ਤੇ ਵੀ.ਵੀ.ਪੈਟ ਮਸ਼ੀਨਾਂ ਦੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ ਤਾਂ ਜੋ ਚੋਣਾਂ ਦੌਰਾਨ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਚੋਣਾ ਸਾਡੇ ਦੇਸ਼ ਦਾ ਉਹ ਤਿਓਹਾਰ ਹੈ ਜਿਸ ਵਿੱਚ ਹਰੇਕ ਨਾਗਰਿਕ ਵੱਧ ਚੜ੍ਹ ਕੇ ਹਿੱਸਾ ਲੈਂਦਾ ਹੈ। ਇਸ ਲਈ ਚੋਣ ਪ੍ਰਕ੍ਰਿਆ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਮੁਕੰਮਲ ਕਰਵਾਉਣ ਵਿੱਚ ਕੋਈ ਕਸਰ ਨਾ ਛੱਡੀ ਜਾਵੇ। ਮੀਟਿੰਗ ਵਿੱਚ ਸਵੀਪ ਦੇ ਸਹਾਇਕ ਜ਼ਿਲ੍ਹਾ ਨੋਡਲ ਅਫਸਰ-ਕਮ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ, ਸੀ.ਡੀ.ਪੀ.ਓ. ਦਫ਼ਤਰ ਖਮਾਣੋਂ ਦੇ ਗੁਰਪ੍ਰੀਤ ਸਿੰਘ, ਨਹਿਰੂ ਯੂਵਾ ਕੇਂਦਰ ਦੇ ਜਤਿੰਦਰ ਕੁਮਾਰ ਤੇ ਗੁਰਦੀਪ ਸਿੰਘ ਵੀ ਹਾਜਰ ਸਨ।