ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੌਮੀ ਮੱਛੀ ਪਾਲਕ ਦਿਵਸ ਮੌਕੇ ਮੱਛੀ ਪਾਲਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਮੱਛੀ ਪਾਲਣ ਦੇ ਖੇਤਰ ਵਿੱਚ ਪੰਜਾਬ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਅੱਜ ਇਥੇ ਜਾਰੀ ਇੱਕ ਬਿਆਨ ਵਿੱਚ ਸ੍ਰੀ ਬਾਜਵਾ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਸਾਲ 2020-21 ਦੌਰਾਨ 1246 ਹੈਕਟੇਅਰ ਰਕਬਾ ਮੱਛੀ ਪਾਲਣ ਅਧੀਨ ਲਿਆਂਦਾ ਗਿਆ ਅਤੇ ਕਿਸਾਨਾਂ ਵੱਲੋਂ 787 ਟਨ ਝੀਂਗਾ ਮੱਛੀ ਦਾ ਉਤਪਾਦਨ ਕੀਤਾ ਗਿਆ।