ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸੂਬੇ ਦੇ ਬਕਾਇਆ ਫੰਡਾਂ ਅਤੇ ਅਨੁਸੂਚਿਤ ਜਾਤੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ (ਪੀ.ਐਮ.ਐਸ.-ਐਸ.ਸੀਜ਼) ਤਹਿਤ ਸਾਲ 2017-2020 ਲਈ ਸਾਂਝੇਦਾਰੀ ਦੇ ਸੋਧੇ ਹੋਏ ਪੈਟਰਨ ਦੀ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਹੈ। ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਭਾਰਤ ਸਰਕਾਰ ਨੇ 31 ਦਸੰਬਰ, 2020 ਨੂੰ ਕੇਂਦਰ ਅਤੇ ਰਾਜਾਂ (60:40) ਦਰਮਿਆਨ ਸਾਂਝੇਦਾਰੀ ਦਾ ਸੋਧਿਆ ਹੋਇਆ ਪੈਟਰਨ ਪੇਸ਼ ਕਰਨ ਲਈ ਸਕਾਲਰਸ਼ਿਪ ਸਬੰਧੀ ਦਿਸਾ-ਨਿਰਦੇਸ਼ਾਂ ਵਿੱਚ ਸੋਧ ਕੀਤੀ ਸੀ ਅਤੇ ਇਸ ਨੂੰ ਸਿਰਫ਼ 1 ਅਪਰੈਲ, 2020 ਤੋਂ ਲਾਗੂ ਕੀਤਾ ਗਿਆ ਸੀ। ਹਾਲਾਂਕਿ 1 ਅਪਰੈਲ 2017 ਤੋਂ 31 ਮਾਰਚ 2020 ਦੀ ਮਿਆਦ ਲਈ ਇਸ ਮੁੱਦੇ 'ਤੇ ਕੋਈ ਫੈਸਲਾ ਨਹੀਂ ਦਿੱਤਾ ਗਿਆ ਸੀ ਜਿਸ ਨਾਲ ਲੱਖਾਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿਚ ਪੈ ਗਿਆ।