ਨਾਗਰਿਕ ਕੇਂਦਰਿਤ ਸ਼ਿਕਾਇਤਾਂ ਦਾ ਨਿਵਾਰਨ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਇਸ ਮਹੀਨੇ ਦੇ ਅਖੀਰ ਤੱਕ ਇਕਹਿਰੇ ਨੰਬਰ ਵਾਲਾ ਸੂਬਾ ਪੱਧਰੀ ਕਾਲ ਸੈਂਟਰ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਆਦੇਸ਼ ਦਿੱਤੇ ਹਨ ਕਿ ਸ਼ਿਕਾਇਤ ਨਿਵਾਰਨ ਪ੍ਰਣਾਲੀ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਇਸ ਸਾਲ ਦੇ ਅੰਦਰ ਸੂਬੇ ਵਿੱਚ ਸੇਵਾ ਕੇਂਦਰਾਂ ਰਾਹੀਂ ਸਾਰੀਆਂ 500 ਨਾਗਰਿਕ ਸੇਵਾਵਾਂ ਨੂੰ ਆਨਲਾਈਨ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਵੱਖ-ਵੱਖ ਪੱਧਰ 'ਤੇ 503 ਕਰਮਚਾਰੀਆਂ ਦੀ ਭਰਤੀ ਨੂੰ ਪ੍ਰਵਾਨਗੀ ਵੀ ਦੇ ਦਿੱਤੀ ਹੈ ਤਾਂ ਜੋ ਇਸ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ।